ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ– ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਸੂਬੇ ਦੀ ਸਰਕਾਰ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ 300 ਯੂਨਿਟ ਮੁਫ਼ਤ ਬਿਜਲੀ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਤੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਗਾਰੰਟੀ ਕਾਰਡ ਵੀ ਭਰਵਾਏ ਗਏ ਪਰ ਜਦੋਂ ਇਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਦਾ ਵਕਤ ਆਇਆ ਤਾਂ ਆਮ ਆਦਮੀ ਦੀ ਸਰਕਾਰ ਵਾਰ-ਵਾਰ ਇਸ ਤੋਂ ਭੱਜਦੀ ਨਜ਼ਰ ਆ ਰਹੀ ਹੈ । ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਕਾਂਗਰਸ ਅਤੇ ਅਕਾਲੀ ਦਲ ਨੇ ‘ਆਪ’ ਸਰਕਾਰ ਦੇ ਸਵੈ-ਘੋਸ਼ਣਾ ਪੱਤਰ ਵਿੱਚ ਦਿੱਤੀਆਂ ਸ਼ਰਤਾਂ ਗਿਣਾਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਕੋਈ ਸ਼ਰਤ ਨਹੀਂ ਸੀ। ਹੁਣ ਪੰਜਾਬੀਆਂ ਨਾਲ ਵੱਡਾ ਧੋਖਾ ਹੋਇਆ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।

ਇਹ ਮੁਫਤ ਬਿਜਲੀ ਦੀਆਂ ਸ਼ਰਤਾਂ-
ਪਰਿਵਾਰ ਜਾਂ ਘਰ ਵਿਚ ਰਹਿਣ ਵਾਲਾ ਕੋਈ ਵੀ ਵਿਅਕਤੀ ਇਨਕਮ ਟੈਕਸ ਅਦਾ ਨਾ ਕਰਦਾ ਹੋਵੇ ।
ਜੇਕਰ ਭਵਿੱਖ ਵਿੱਚ ਆਮਦਨ ਕਰ ਦਾਇਰੇ ਵਿੱਚ ਆਉਂਦਾ ਹੈ ਤਾਂ ਖੁਦ ਬਿਜਲੀ ਅਧਿਕਾਰੀ ਨੂੰ ਸੂਚਿਤ ਕਰੇ।
ਪਰਿਵਾਰ ਦੇ ਕਿਸੇ ਮੈਂਬਰ ਨੇ ਸੰਵਿਧਾਨਕ ਅਹੁਦੇ ਉੱਤੇ ਨਾ ਰਿਹਾ ਹੋਵੇ ਅਤੇ ਨਾ ਹੀ ਹੁਣ ਹੋਵੇ।
ਪਰਿਵਾਰ ਦਾ ਕੋਈ ਵੀ ਮੈਂਬਰ ਮੰਤਰੀ, ਸੰਸਦ ਮੈਂਬਰ, ਵਿਧਾਇਕ, ਨਗਰ ਕੌਂਸਲ ਮੈਂਬਰ, ਮੇਅਰ ਜਾਂ ਜ਼ਿਲ੍ਹਾ ਪੰਚਾਇਤ ਚੇਅਰਮੈਨ ਨਹੀਂ ਹੋਣਾ ਚਾਹੀਦਾ।
ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿੱਚ ਨਾ ਹੋਵੇ।
ਪਰਿਵਾਰ ਦੀ ਮਹੀਨਾਵਾਰ ਪੈਨਸ਼ਨ 10 ਹਜ਼ਾਰ ਰੁਪਏ ਜਾਂ ਇਸ ਤੋਂ ਵੱਧ ਨਹੀਂ ਹੈ। ਪਰਿਵਾਰ ਵਿਚ ਕੋਈ ਡਾਕਟਰ, ਇੰਜੀਨੀਅਰ, ਵਕੀਲ, ਚਾਰਟਰਡ ਅਕਾਊਂਟੈਂਟ ਜਾਂ ਆਰਕੀਟੈਕਟ ਨਹੀਂ ਹੈ।

ਬਾਜਵਾ ਨੇ ਕਿਹਾ- ਬਿਜਲੀ ਨਹੀਂ, ਨਵਾਂ ਮੈਨੀਫੈਸਟੋ ਮਿਲਿਆ ਹੈ –
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਈ ਵੀ ਵਿਅਕਤੀ, ਜੋ ਕਿਸੇ ਵੀ ਵਿਭਾਗ ਦਾ ਮੌਜੂਦਾ ਜਾਂ ਸਾਬਕਾ ਸਰਕਾਰੀ ਕਰਮਚਾਰੀ ਹੈ ਜਾਂ ਆਮਦਨ ਕਰ ਅਦਾ ਕਰਦਾ ਹੈ, ਨੂੰ ਮੁਫਤ ਬਿਜਲੀ ਦੀ ਸਹੂਲਤ ਤੋਂ ਬਾਹਰ ਰੱਖਿਆ ਗਿਆ ਹੈ। ਇਹ ਸਧਾਰਨ ਗੱਲ ਹੈ ਕਿ ਪੰਜਾਬ ਦੇ ਕੁਝ ਕੁ ਪਰਿਵਾਰਾਂ ਨੂੰ ਹੀ ਇਸ ਦਾ ਲਾਭ ਮਿਲੇਗਾ। ਪੰਜਾਬੀਆਂ ਨੂੰ ਮੁਫ਼ਤ ਬਿਜਲੀ ਮਿਲੇ ਜਾਂ ਨਾ ਮਿਲੇ ਪਰ ਉਨ੍ਹਾਂ ਨੂੰ ਨਵਾਂ ਮੈਨੀਫੈਸਟੋ ਜ਼ਰੂਰ ਮਿਲਿਆ ਹੈ।

ਸਿਆਸੀ ਸਟੰਟ ਮੁਫ਼ਤ ਬਿਜਲੀ, ਸ਼ਰਤਾਂ ਕਿਉਂ ? : ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਮਹਿਜ਼ ਸਿਆਸੀ ਸਟੰਟ ਸਾਬਤ ਹੋਈ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਪਰਿਵਾਰ ਜੋ ਇਨਕਮ ਟੈਕਸ ਅਦਾ ਕਰਦਾ ਹੈ, ਸਰਕਾਰੀ ਪੈਨਸ਼ਨ ਲੈਂਦਾ ਹੈ ਜਾਂ ਸਰਕਾਰੀ ਮੁਲਾਜ਼ਮ ਹੈ ਤਾਂ ਉਸ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ ਸ਼ਰਤਾਂ ਲਗਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਹੁਣ ਅਜਿਹੇ ਹਾਲਾਤ ਕਿਉਂ ?

80 ਫੀਸਦੀ ਤੋਂ ਵਧੇਰੇ ਪਰਿਵਾਰ ਹੋਏ ਬਾਹਰ : ਅਕਾਲੀ ਦਲ
ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਸ਼ਰਤਾਂ ਕਾਰਨ 80 ਫੀਸਦੀ ਪਰਿਵਾਰ ਮੁਫਤ ਬਿਜਲੀ ਦੀ ਸਹੂਲਤ ਤੋਂ ਵਾਂਝੇ ਹਨ। ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਸੀ ਕਿ ਇਸ ਸਕੀਮ ਦਾ 51 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਹੁਣ ਇਹ ਨੋਟੀਫਿਕੇਸ਼ਨ ਆ ਗਿਆ ਹੈ। ਇਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਦੇ ਸਾਰੇ ਦਾਅਵੇ ਖੋਖਲੇ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ।


