ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੇ ਵਤੀਰੇ ਤੋਂ ਨਿਰਾਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਨੂੰ ਜ਼ਿੰਦਗੀ ਵਿੱਚ ਪਹਿਲੀ ਵਾਰ ਅਜਿਹੇ ਵਿਵਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕੱਲ੍ਹ ਮਾਲਵੇ ਦੇ 10 ਜ਼ਿਲ੍ਹਿਆਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕੀਤਾ ਸੀ। ਹਸਪਤਾਲ ਵਿੱਚ ਗੰਦਗੀ ਦੇਖ ਕੇ ਸਿਹਤ ਮੰਤਰੀ ਭੜਕ ਗਏ।ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।
ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਇਸ ਦੇ ਨਾਲ ਹੀ ਸਿਆਸੀ ਵਿਰੋਧੀਆਂ ਨੇ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਉਠਾਏ ਹਨ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 12ਵੀਂ ਪਾਸ ਮੰਤਰੀ ਨੇ ਪ੍ਰਚਾਰ ਲਈ ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ ‘ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਇਲਾਵਾ ਸੁਨੀਲ ਜਾਖੜ, ਡਾ. ਧਰਮਵੀਰ ਗਾਂਧੀ ਤੀ ਅਕਾਲੀ ਦਲ ਨੇ ਵੀ ਇਤਰਾਜ਼ ਉਠਾਉਂਦਿਆਂ ਮੰਤਰੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ।

