ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਧੀਆ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਇਹ ਸਭ ਵਾਅਦੇ ਕਾਗਜ਼ਾਂ ਵਿੱਚ ਹੀ ਲਿਖੇ ਰਹਿ ਗਏ । ਅੱਜ ਦੇ ਦੌਰ ਵਿੱਚ ਇਕ ਮੱਧ ਵਰਗੀ ਪਰਿਵਾਰ ਨੂੰ ਆਪਣਾ ਇਲਾਜ ਕਰਵਾਉਣਾ ਬਹੁਤ ਹੀ ਮੁਸ਼ਕਿਲ ਹੈ । ਜਿਸ ਕਾਰਨ ਪੰਜਾਬ ਵਿੱਚ ਇਸ ਦੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਹੈ ਕਿ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇੱਕ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਔਰਤ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਪਤੀ ਪਿਛਲੇ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਦਾਖਲ ਸੀ। ਉਸ ਦੇ ਪਤੀ ਨੂੰ ਦਿਮਾਗੀ ਦੌਰਾ ਪਿਆ ਸੀ। ਇਸ ਕਾਰਨ ਉਹ ਕਾਫੀ ਪਰੇਸ਼ਾਨ ਸੀ।

ਇਸ ਦੇ ਨਾਲ ਹੀ ਉਸ ਲਈ ਹਸਪਤਾਲ ਦਾ ਖਰਚਾ ਚੁੱਕਣਾ ਵੀ ਵੱਡੀ ਸਮੱਸਿਆ ਬਣ ਗਿਆ ਸੀ। ਮ੍ਰਿਤਕ ਔਰਤ ਦੀ ਪਛਾਣ ਕੁਲਵੀਰ ਕੌਰ ਵਾਸੀ ਪਿੰਡ ਵਡਾਲਾ ਕਸਬਾ ਫਿਲੌਰ ਵਜੋਂ ਹੋਈ ਹੈ। ਕੁਲਵੀਰ ਕੌਰ ਦੇ ਪਤੀ ਸੰਤੋਖ ਸਿੰਘ ਦਾ ਮਹੀਨਾ ਪਹਿਲਾਂ ਬ੍ਰੇਨਸਟ੍ਰੋਕ ਹੋਇਆ ਸੀ। ਹਸਪਤਾਲ ਦੇ ਖਰਚੇ ਇੰਨੇ ਜ਼ਿਆਦਾ ਸਨ ਕਿ ਉਹ ਉਨ੍ਹਾਂ ਨੂੰ ਪੂਰਾ ਕਰਨ ਤੋਂ ਅਸਮਰੱਥ ਸੀ।
ਪਤੀ ਦੀ ਹਾਲਤ ਵਿੱਚ ਵੀ ਸੁਧਾਰ ਨਹੀਂ ਹੋ ਰਿਹਾ ਸੀ। ਇਸ ਪਰੇਸ਼ਾਨੀ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਉਸ ਦੀ ਹਾਲਤ ਵਿਗੜਨ ਲੱਗੀ ਤਾਂ ਰਿਸ਼ਤੇਦਾਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ । ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਗਈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

