ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 3 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ ਜਾਂ ਗੀਤਕਾਰਾਂ ਜਾਂ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਤੇ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਟ੍ਰੇਟ ਨੇ ਕਿਹਾ ਕਿ ਇਨ੍ਹਾਂ ਗੀਤਾਂ ਅਤੇ ਭਾਸ਼ਣਾ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਨੌਜਵਾਨ ਪੀੜ੍ਹੀ ਦੇ ਮੁੰਡੇ ਤੇ ਕੁੜੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਬੁਰੇ ਪ੍ਰਭਾਵ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੋ ਜਾਂਦੀ ਹੈ। ਇਹ ਹੁਕਮ 30 ਸਤੰਬਰ 2022 ਤੱਕ ਲਾਗੂ ਰਹੇਗਾ।

